
*ਪਾਕਿਸਤਾਨ ਨਾਲ ਹੋਇਆ ਜਲ-ਸਮਝੌਤਾ ਮੁਅੱਤਲ
ਨਵੀਂ ਦਿੱਲੀ, 23 ਅਪ੍ਰੈਲ (ਕੁਲਤਰਨ ਸਿੰਘ) : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਵਾਸ ‘ਤੇ ਹੋਈ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਦੀ ਮੀਟਿੰਗ ਤੋਂ ਬਾਅਦ ਕੇਂਦਰ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਨੂੰ ਜਾਰੀ ਕੀਤੇ ਗਏ ਵੀਜ਼ੇ ਰੱਦ ਕਰ ਦਿੱਤੇ ਗਏ ਹਨ ਅਤੇ ਵਾਹਗਾ-ਅਟਾਰੀ ਸਰਹੱਦ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਭਾਰਤ ਸਰਕਾਰ ਨੇ ਨਵੀਂ ਦਿੱਲੀ ਵਿੱਚ ਪਾਕਿਸਤਾਨੀ ਹਾਈ ਕਮਿਸ਼ਨ ਦੇ ਰੱਖਿਆ, ਫੌਜੀ, ਜਲ ਸੈਨਾ ਅਤੇ ਹਵਾਈ ਸਲਾਹਕਾਰਾਂ ਨੂੰ ਪਰਸੋਨਾ ਗੈਰ-ਗ੍ਰਾਟਾ(persona non grata) ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕੋਲ ਭਾਰਤ ਛੱਡਣ ਲਈ ਇੱਕ ਹਫ਼ਤੇ ਦਾ ਸਮਾਂ ਹੈ।
ਸਿੰਧੂ ਜਲ ਸੰਧੀ ਨੂੰ ਮੁਅੱਤਲ, ਪਾਕਿਸਤਾਨੀਆਂ ਨੂੰ ਵਾਪਸ ਜਾਣ ਦਾ ਹੁਕਮ: ਇਸ ਦੇ ਨਾਲ ਹੀ ਸਰਕਾਰ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਹੈ। ਪਾਕਿਸਤਾਨੀਆਂ ਨੂੰ ਜਾਰੀ ਕੀਤੇ ਗਏ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਭਾਰਤ ਵਿੱਚ ਰਹਿ ਰਹੇ ਪਾਕਿਸਤਾਨੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਗਿਆ ਹੈ।