ਅੰਮ੍ਰਿਤਸਰ, 27 ਅਪ੍ਰੈਲ – ਸਰਹੱਦ ਪਾਰ ਡਰੱਗ ਨੈੱਟਵਰਕ ਵਿਰੁੱਧ ਇੱਕ ਵੱਡੀ ਸਫਲਤਾ ‘ਚ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅਟਾਰੀ ਨੇੜੇ ਇੱਕ ਖੁਫੀਆ ਕਾਰਵਾਈ ਦੌਰਾਨ ਅਟਾਰੀ ਦੇ ਵਸਨੀਕ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 3 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਖੇਪ ਦੀ ਅੰਤਰਰਾਸ਼ਟਰੀ ਪੱਧਰ ‘ਤੇ ਕੀਮਤ ਲਗਭਗ 21 ਕਰੋੜ ਰੁਪਏ ਹੈ। ਜ਼ਬਤ ਕੀਤੀ ਗਈ ਖੇਪ ਵਿੱਚ 6 ਪੈਕੇਟ ਸਨ ਜਿਨ੍ਹਾਂ ‘ਤੇ ਹੁੱਕ ਲੱਗੇ ਹੋਏ ਸਨ। ਇਹ ਸਪੱਸ਼ਟ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਹੈ।
ਇਹ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਸਹਿ-ਮੁਲਜ਼ਮ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਅਤੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।